ਚੰਡੀਗੜ੍ਹ : ਬਿਜਲੀ ਚੋਰੀ ਰੋਕਣ ਲਈ ਪਾਵਰਕਾਮ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਵਿਸ਼ੇਸ਼ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਊਰਜਾ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਨਿਯਮਤ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ। ਇਸ ਤੋਂ ਇਲਾਵਾ ਬਿਜਲੀ ਚੋਰੀ ਨੂੰ ਰੋਕਣ ਨਾਲ ਰਾਜ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ।

ਬਿਜਲੀ ਮੰਤਰੀ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਜਾਂਚ ਸਬੰਧੀ ਰੋਜ਼ਾਨਾ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਘਰੇਲੂ, ਵਪਾਰਕ, ਖੇਤੀਬਾੜੀ ਅਤੇ ਉਦਯੋਗਿਕ ਸਾਰੇ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾਵੇ। ਰੋਜ਼ਾਨਾ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕਰਨ ਅਤੇ ਰਿਪੋਰਟ ਦੇਣ ਵਿਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਜੇ ਪਾਵਰਕਾਮ ਦੇ ਅਧਿਕਾਰੀ ਜਾਂ ਕਰਮਚਾਰੀ ਬਿਜਲੀ ਚੋਰੀ ਵਿਚ ਸਿੱਧੇ ਜਾਂ ਅਸਿੱਧੇ ਤੌਰ ‘ਤੇ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਰੈਂਕ ਦੇ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਟੀਮਾਂ ਨੂੰ ਉਨ੍ਹਾਂ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਅਤੇ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬਿਜਲੀ ਮੰਤਰੀ ਈਟੀਓ (ETO)ਨੇ ਕਿਹਾ ਕਿ ਉਹ ਖ਼ੁਦ ਇਨ੍ਹਾਂ ਕਾਰਵਾਈਆਂ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਰਿਪੋਰਟਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ‘ਤੇ ਜੁਰਮਾਨਾ ਲਾਉਣ ਅਤੇ ਐੱਫਆਈਆਰ ਦਰਜ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਸਪੱਸ਼ਟ ਕਿਹਾ ਕਿ ਬਿਜਲੀ ਚੋਰੀ ਭਿ੍ਸ਼ਟਾਚਾਰ ਤੋਂ ਘੱਟ ਨਹੀਂ ਹੈ, ਇਸ ਲਈ ਇਸ ਤਰ੍ਹਾਂ ਦੇ ਭਿ੍ਸ਼ਟਾਚਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।